Sucha singh langah biography
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਵਾਪਸੀ, ਪੜ੍ਹੋ ਪੂਰੀ ਖ਼ਬਰ
ਸੁੱਚਾ ਸਿੰਘ ਲੰਗਾਹ ਦੀ ਮੁੜ ਘਰ ਵਾਪਸੀ ਹੋ ਗਈ ਹੈ। ਦਰਅਸਲ ਸੁੱਚਾ ਸਿੰਘ ਲੰਗਾਹ ਇੱਕ ਵਾਰ ਫਿਰ ਅਕਾਲੀ ਦਲ ‘ਚ ਸ਼ਾਮਲ ਹੋ ਗਏ ਹਨ। ਇਸ ਸਬੰਧੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰ ਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਇਸ ਪੋਸਟ ਵਿੱਚ ਲਿਖਿਆ ਹੈ ਕਿ…
ਸ.
ਸੁੱਚਾ ਸਿੰਘ ਲੰਗਾਹ ਵੱਲੋਂ ਬੇਨਤੀ ਦੇ ਰੂਪ ਵਿੱਚ ਇੱਕ ਪੱਤਰ ਮਿਲਿਆ ਹੈ ਜਿਸ ਵਿੱਚ ਉਹਨਾਂ ਇਹ ਗੱਲ ਪਾਰਟੀ ਅੱਗੇ ਰੱਖੀ ਹੈ ਕਿ ਉਹਨਾਂ ਉੱਤੇ ਲਾਏ ਗਏ ਸਾਰੇ ਇਲਜ਼ਾਮਾਂ ਤੋਂ ਅਦਾਲਤ ਨੇ ਉਹਨਾਂ ਨੂੰ ਦੋਸ਼ ਮੁਕਤ (ਬਰੀ) ਕਰਾਰ ਦਿੱਤਾ ਹੈ। ਉਹਨਾਂ ਇਹ ਵੀ ਲਿਖਿਆ ਹੈ ਕਿ ਉਨ੍ਹਾਂ ਦੇ ਵਿਰੋਧੀਆਂ ਵੱਲੋਂ ਇਹ ਮਾਮਲਾ ਖ਼ਾਲਸਾ ਪੰਥ ਦੀ ਸਰਵਉੱਚ ਅਦਾਲਤ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਵੀ ਲਿਜਾਇਆ ਗਿਆ ਸੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਾਰੀ ਕਾਰਵਾਈ ਉਪਰੰਤ ਹੁਣ ਉਹਨਾਂ ਨੂੰ ਮੁੜ ਖ਼ਾਲਸਾ ਪੰਥ ਵਿੱਚ ਸ਼ਾਮਿਲ ਕੀਤਾ ਜਾ ਚੁੱਕਾ ਹੈ। ਜਦੋਂ ਉਹਨਾਂ ਉੱਤੇ ਦੋਸ਼ ਲੱਗੇ ਸਨ ਤਾਂ ਉਹ ਪਾਰਟੀ ਦੇ ਸਮੂਹ ਅਹੁਦਿਆਂ ਤੋਂ ਤੁਰੰਤ ਮੁਸਤਫ਼ੀ ਹੋ ਗਏ ਸਨ। ਹੁਣ ਆਪਣੇ ਲਿਖ਼ਤੀ ਪੱਤਰ ਵਿੱਚ ਉਹਨਾਂ ਨੇ ਇਹ ਗੱਲ ਕਹੀ ਹੈ ਕਿ ਉਹ ਜੰਮੇ ਵੀ ਅਕਾਲੀ ਸਨ ਅਤੇ ਆਪਣੇ ਆਖਰੀ ਸਾਂਹ ਤੱਕ ਰਹਿਣਗੇ ਵੀ ਅਕਾਲੀ| ਉਹਨਾਂ ਨੇ ਪਾਰਟੀ ਦੀ ਸੇਵਾ ਦਾ ਮੌਕਾ ਮੁੜ ਲੈਣ ਲਈ ਸਨਿਮਰ ਬੇਨਤੀ ਵੀ ਕੀਤੀ ਹੈ।
ਪਾਰਟੀ ਵੱਲੋਂ ਸ.
ਲੰਗਾਹ ਵੱਲੋਂ ਦਿੱਤੀ ਗਈ ਬੇਨਤੀ ਨੂੰ ਉਹਨਾਂ ਵੱਲੋਂ ਪੇਸ਼ ਕੀਤੇ ਗਏ ਤੱਥਾਂ ਦੀ ਰੌਸ਼ਨੀ ਵਿੱਚ ਵਿਚਾਰਨ ਉਪਰੰਤ ਸ. ਸੁੱਚਾ ਸਿੰਘ ਲੰਗਾਹ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਧਾਰਣ ਵਰਕਰ ਵਜੋਂ ਮੁੜ ਸੇਵਾ ਕਰਨ ਦਾ ਮੌਕਾ ਦੇਣ ਦਾ ਫੈਸਲਾ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਸੁੱਚਾ ਸਿੰਘ ਲੰਗਾਹ ਲੋਕ ਸਭਾ ਚੋਣਾਂ ਮੌਕੇ ਅਕਾਲੀ ਦਲ ‘ਚੋਂ ਬਾਗੀ ਹੋ ਗਏ ਸਨ। ਇਥੋਂ ਤੱਕ ਕਿ ਉਨ੍ਹਾਂ ਨੇ ਅਕਾਲੀ ਦਲ ‘ਤੇ ਚੋਣਾਂ ਦੌਰਾਨ ਖੁਦ ਨੂੰ ਅਣਦੇਖਿਆਂ ਕਰਨ ਦੇ ਇਲਜ਼ਾਮ ਲਾਉਂਦਿਆਂ ਕਿਹਾ ਸੀ ਕਿ ਕਾਂਗਰਸ ਨੇ ਉਨ੍ਹਾਂ ਦਾ ਬਹੁਤ ਘੱਟ ਨੁਕਸਾਨ ਕੀਤਾ ਹੈ ਪਰ ਉਨ੍ਹਾਂ ਦੇ ਆਪਣੇ ਹੀ ਲੋਕਾਂ ਨੇ ਉਨ੍ਹਾਂ ਦਾ ਜ਼ਿਆਦਾ ਨੁਕਸਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਕੁਝ ਸਥਾਨਕ ਅਕਾਲੀ ਆਗੂ ਹਾਈਕਮਾਂਡ ਨੂੰ ਗੁੰਮਰਾਹ ਕਰ ਰਹੇ ਹਨ, ਜਿਸ ਨਾਲ ਅਕਾਲੀ ਦਲ ਨੂੰ ਭਾਰੀ ਨੁਕਸਾਨ ਹੋਵੇਗਾ। ਪਰ ਹੁਣ ਇੱਕ ਵਾਰ ਫਿਰ ਲੰਗਾਹੀ ਦੀ ਵਾਪਸੀ ਨੇ ਸਿਆਸੀ ਗਲਿਆਰਿਆਂ ‘ਚ ਨਵੀਂ ਚਰਚਾ ਛੇੜ ਦਿੱਤੀ ਹੈ।
ਸੰਸਦ ਮੈਂਬਰ ਵਿਨੋਦ ਖੰਨਾ ਦੀ ਮੌਤ ਤੋਂ ਬਾਅਦ ਅਕਤੂਬਰ 2017 ‘ਚ ਗੁਰਦਾਸਪੁਰ ਉਪ ਚੋਣ ਦੇ ਪ੍ਰਚਾਰ ਦੌਰਾਨ ਕਾਂਗਰਸ ਨੇ ਲੰਗਾਹ ਦੀ ਇੱਕ ਅਸ਼ਲੀਲ ਵੀਡੀਓ ਵਾਇਰਲ ਕੀਤੀ ਸੀ। ਉਹ ਵੀਡੀਓ ਇਸ ਉਪ ਚੋਣ ਦਾ ਮੁੱਦਾ ਬਣ ਗਿਆ। ਜਦੋਂ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਪਹੁੰਚਿਆ ਤਾਂ ਤਤਕਾਲੀ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਲੰਗਾਹ ਨੂੰ ਸਿੱਖ ਪੰਥ ਵਿੱਚੋਂ ਛੇਕ ਦਿੱਤਾ। ਇਸ ਤੋਂ ਬਾਅਦ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਲੰਗਾਹ ਦੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਰੱਦ ਕਰ ਦਿੱਤੀ ਸੀ। ਲੰਗਾਹ ਨੂੰ ਬਾਅਦ ਵਿੱਚ ਗੁਰਦਾਸਪੁਰ ਦੀ ਅਦਾਲਤ ਨੇ ਬਰੀ ਕਰ ਦਿੱਤਾ ਸੀ। 2018 ਵਿੱਚ ਵੀ ਲੰਗਾਹ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਮੁੜ ਸਿੱਖ ਪੰਥ ਵਿੱਚ ਸ਼ਾਮਲ ਕਰਨ ਦੀ ਅਪੀਲ ਕੀਤੀ ਸੀ। ਇਸ ਦਾ ਸੰਗਤਾਂ ਵੱਲੋਂ ਤਿੱਖਾ ਵਿਰੋਧ ਕੀਤਾ ਗਿਆ।
Tags: Akali Dal,Balwinder Singh Bhundar,sri akal takht sahib,sucha singh langah,Sukhbir singh Badal
- First Published :